ਮਿਸ਼ਨ ਤੰਦਰੁਸਤ ਪੰਜਾਬ- ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਚੰਗੀਆਂ ਆਦਤਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ

    0
    513

    ਲੁਧਿਆਣਾ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਨਿੱਤ ਦਿਨ ਦੇ ਜੀਵਨ ਨਿਰਬਾਹ ਵਿੱਚ ਚੰਗੀਆਂ ਆਦਤਾਂ ਅਪਨਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਦੀ ਅਗਵਾਈ ਵਿੱਚ ਬਲਾਕ ਵਾਰ ਟੀਮਾਂ ਬਣਾ ਕੇ ਜ਼ਿਲਾ ਲੁਧਿਆਣਾ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ ਜਾਂਚ ‘ਤੇ ਵੀ ਬਰਾਬਰ ਤਵੱਜੋ ਜਾ ਰਹੀ ਹੈ।

    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਟੀਕਾਕਰਨ ਅਫ਼ਸਰ ਡਾ. ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਸਫ਼ਲ ਕਰਨ ਲਈ ਸਿਹਤ ਵਿਭਾਗ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਜਿੱਥੇ ਰੋਜ਼ਾਨਾ ਖਾਧ ਪਦਾਰਥਾਂ ਦੀ ਗੁਣਵੱਤਾ ਨੂੰ ਬਣਾਈ ਰੱਖਣਾ ਯਕੀਨੀ ਬਣਾਉਣ ਲਈ ਖਾਧ ਪਦਾਰਥ ਵਿਕਰੇਤਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਜ਼ਿਲਾ ਲੁਧਿਆਣਾ ਦੇ ਹਰੇਕ ਸਕੂਲ ਅਤੇ ਆਂਗਣਵਾੜੀ ਕੇਂਦਰ ਵਿੱਚ ਜਾ ਕੇ ਬੱਚਿਆਂ ਨੂੰ ਚੰਗੀਆਂ ਆਦਤਾਂ ਬਾਰੇ ਸਿਖਾਇਆ ਜਾ ਰਿਹਾ ਹੈ। ਇਨਾਂ ਆਦਤਾਂ ਵਿੱਚ ਬੱਚਿਆਂ ਨੂੰ ਹੱਥ ਕਿਵੇਂ ਧੋਣੇ ਚਾਹੀਦੇ ਹਨ, ਖਾਣਾ ਕਿਵੇਂ ਖਾਣਾ ਚਾਹੀਦਾ ਹੈ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਕਿਵੇਂ ਰੱਖਣਾ ਹੈ, ਆਦਿ ਸ਼ਾਮਿਲ ਹਨ।

    ਡਾ. ਜਸਬੀਰ ਸਿੰਘ ਨੇ ਕਿਹਾ ਕਿ ਹਰੇਕ ਬਲਾਕ ਵਿੱਚ ਦੋ ਟੀਮਾਂ ਬਣਾ ਕੇ ਭੇਜੀਆਂ ਗਈਆਂ ਹਨ। ਹਰੇਕ ਟੀਮ ਦੀ ਅਗਵਾਈ ਆਯੁਰਵੈਦਿਕ ਮੈਡੀਕਲ ਅਫ਼ਸਰ ਵੱਲੋਂ ਕੀਤੀ ਜਾ ਰਹੀ ਹੈ। ਟੀਮਾਂ ਵੱਲੋਂ ਹੁਣ ਤੱਕ 1187 ਤੋਂ ਵਧੇਰੇ ਕੈਂਪ/ਹੈੱਲਥ ਟਾਕ ਆਯੋਜਿਤ ਕਰਵਾਕੇ ਬੱਚਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਬੱਚਿਆਂ ਵਿੱਚ ਜਿਆਦਾਤਰ ਬਿਮਾਰੀਆਂ ਦਾ ਮੁੱਖ ਕਾਰਨ ਹੱਥ ਨਾ ਧੋਣਾ ਜਾਂ ਚੰਗੀ ਤਰਾਂ ਹੱਥ ਨਾ ਧੋਣਾ ਹੁੰਦਾ ਹੈ। ਜਿਸ ਨਾਲ ਵਿਅਕਤੀ ਦੀ ਸਿਹਤ ਨੂੰ ਵੱਡਾ ਨੁਕਸਾਨ ਹੁੰਦਾ ਹੈ। ਜੇਕਰ ਬੱਚੇ ਨੂੰ ਹੱਥ ਧੋਣ ਦੇ ਨਾਲ-ਨਾਲ ਸਹੀ ਤਰੀਕੇ ਨਾਲ ਹੱਥ ਧੋਣ ਦੀ ਸਿੱਖਿਆ ਦਿੱਤੀ ਜਾਵੇ ਤਾਂ ਬੱਚਿਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਵਿੱਚ ਕਾਫੀ ਕਮੀ ਆ ਸਕਦੀ ਹੈ। ਇਸੇ ਤਰਾਂ ਸਹੀ ਤਰੀਕੇ ਨਾਲ ਰੋਟੀ ਖਾਣ ਦਾ ਆਦਤ ਨਾ ਹੋਣ ਨਾਲ ਵੀ ਕਈ ਤਰਾਂ ਦੀਆਂ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ।

    ਉਨਾਂ ਦੱਸਿਆ ਕਿ ਇਹ ਕੈਂਪ ਲਗਾਤਾਰ ਜਾਰੀ ਰਹਿਣਗੇ। ਇਨਾਂ ਕੈਂਪਾਂ ਦੌਰਾਨ ਟੀਮਾਂ ਵੱਲੋਂ ਬੱਚਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ, ਅਲਬੈਂਡਾਜ਼ੋਲ ਗੋਲੀਆਂ ਦੀ ਵਰਤੋਂ ਕਰਨ ਬਾਰੇ ਅਤੇ ਮੌਸਮ ਨਾਲ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਵਿਭਾਗ ਵੱਲੋਂ ਹੁਣ ਤੱਕ 1187 ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ 45883 ਬੱਚਿਆਂ ਦੀ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨਾਂ ਨਾਲ ਡਾ. ਅਰੁਣਦੀਪ ਕੌਰ ਅਤੇ ਹੋਰ ਵੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here